Dallewal ਨੂੰ ਮਿਲਣ ਢਾਬੀ ਗੁਜਰਾਂ ਬਾਰਡਰ ਪੁੱਜੇ DGP ਗੌਰਵ ਯਾਦਵ, ਮਰਨ ਵਰਤ ਤੋੜਨ ਦੀ ਕੀਤੀ ਅਪੀਲ

ਪਟਿਆਲਾ, 15 ਦਸੰਬਰ (ਵਿਸ਼ਵ ਪੰਜਾਬੀ ਸਾਂਝ ਕੈਨੇਡਾ- ਪੰਜਾਬ ਪੁਲਿਸ ਮੁਖੀ (DGP) ਗੌਰਵ ਯਾਦਵ ਨੇ ਅੱਜ ਪਟਿਆਲਾ ਜ਼ਿਲ੍ਹੇ ਅਧੀਨ ਪੈਂਦੇ ਢਾਬੀ ਗੁਜਰਾਂ/ਖਨੌਰੀ ਬਾਰਡਰ ‘ਤੇ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਡਾਇਰੈਕਟਰ ਮਯੰਕ ਮਿਸ਼ਰਾ, ਪਟਿਆਲਾ ਦੇ ਡੀ.ਆਈ.ਜੀ ਮਨਦੀਪ ਸਿੰਘ ਸਿੱਧੂ ਅਤੇ ਐਸ.ਐਸ.ਪੀ ਡਾ. ਨਾਨਕ ਸਿੰਘ ਵੀ ਸਨ।

ਡੀਜੀਪੀ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕਿਸਾਨੀ ਮਸਲੇ ਦੇ ਹੱਲ ਲਈ ਕੇਂਦਰ ਸਰਕਾਰ ਨਾਲ ਵੀ ਰਾਬਤਾ ਸਾਧਿਆ ਹੋਇਆ ਹੈ। ਉਨ੍ਹਾਂ ਕਿਸਾਨਾਂ ਅਤੇ ਕੇਂਦਰ ਦਰਮਿਆਨ ਜਲਦੀ ਕੋਈ ਉਸਾਰੂ ਗੱਲਬਾਤ ਸ਼ੁਰੂ ਹੋਣ ਦੀ ਸੰਭਾਵਨਾ ਵੀ ਜਤਾਈ। ਉਹਨਾਂ ਕਿਹਾ ਕਿ ਇਸ ਮੁਲਾਕਾਤ ਲਈ ਪੰਜਾਬ ਦੇ ਮੁੱਖ ਮੰਤਰੀ ਹਰ ਭਗਵੰਤ ਸਿੰਘ ਮਾਨ ਨੇ ਭੇਜਿਆ ਹੈ। ਪੱਤਰਕਾਰਾਂ ਨੂੰ ਡੀਜੀਪੀ ਨੇ ਦੱਸਿਆ ਕਿ ਪੁਲਿਸ ਨਹੀਂ ਚਾਹੁੰਦੀ ਕਿ ਸ੍ਰੀ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਲਈ ਕੋਈ ਜ਼ੋਰ-ਜ਼ਬਰਦਸਤੀ ਕੀਤੀ ਜਾਵੇ। ਇਸ ਕਰਕੇ ਹੀ ਉਹ ਅੱਜ ਇੱਥੇ ਉਚੇਚੇ ਤੌਰ ‘ਤੇ ਸ੍ਰੀ ਡੱਲੇਵਾਲ ਨੂੰ ਮਰਨ ਵਰਤ ਤਿਆਗਣ ਦੀ ਅਪੀਲ ਕਰਨ ਆਏ ਹਨ, ਤਾਂ ਜੋ ਉਨ੍ਹਾਂ ਦੀ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ। ਬਲਕਿ ਸੁਪਰੀਮ ਕੋਰਟ ਵੱਲੋਂ ਵੀ ਸ੍ਰੀ ਡੱਲੇਵਾਲ ਦਾ ਪੂਰਾ ਖਿਆਲ ਰੱਖਣ ਦੀ ਹਦਾਇਤ ਪੰਜਾਬ ਤੇ ਕੇਂਦਰ ਸਰਕਾਰਾਂ ਨੂੰ ਕੀਤੀ ਗਈ ਹੈ, ਜਿਸ ਦੇ ਚਲਦਿਆਂ ਡਾਕਟਰੀ ਟੀਮ ਵੱਲੋਂ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਿਆ ਜਾ ਰਿਹਾ ਹੈ ਤੇ ਇਸੇ ਸਭ ਕਾਸੇ ਦਾ ਮੁਆਇਨਾ ਲੈਣ ਵੀ ਉਹ ਇਥੇ ਪੁੱਜੇ ਹਨ।

ਦੂਜੇ ਪਾਸੇ ਡੱਲੇਵਾਲ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮਰਨ ਵਰਤ ਕਿਸਾਨ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜੇ ਸਰਕਾਰਾਂ ਉਨ੍ਹਾਂ ਦਾ ਮਰਨ ਵਰਤ ਖ਼ਤਮ ਕਰਾਉਣਾ ਚਾਹੁੰਦੀਆਂ ਹਨ ਤਾਂ ਫ਼ੌਰੀ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਵੇ ਤੇ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਹੋਣ ਦੀ ਸੂਰਤ ਵਿਚ ਉਹ ਆਪਣੀ ਜਾਨ ਦੀ ਕੁਰਬਾਨੀ ਲਈ ਤਿਆਰ ਹਨ।

Facebook
Twitter
Email
Print

Leave a Reply

Your email address will not be published. Required fields are marked *

Dallewal ਨੂੰ ਮਿਲਣ ਢਾਬੀ ਗੁਜਰਾਂ ਬਾਰਡਰ ਪੁੱਜੇ DGP ਗੌਰਵ ਯਾਦਵ, ਮਰਨ ਵਰਤ ਤੋੜਨ ਦੀ ਕੀਤੀ ਅਪੀਲ